ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ 29 ਜੂਨ ਨੂੰ ਰਾਮਬਾਗ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਜਾਵੇਗੀ

 

ਸੋਨੂੰ ਜੰਡਿਆਲਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ 19 ਜੂਨ ( ਫੁਲਜੀਤ ਸਿੰਘ)-ਸਿੱਖ ਕੌਮ ਦੇ ਮਹਾਨ ਯੋਧੇ, ਦੂਰਅੰਦੇਸ਼ ਸ਼ਾਸਕ ਅਤੇ ਪੰਜਾਬ ਦੀ ਸ਼ਾਨ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ 29 ਜੂਨ ਨੂੰ ਅੰਮ੍ਰਿਤਸਰ ਦੇ ਇਤਿਹਾਸਕ ਰਾਮਬਾਗ ਸਥਿਤ ਸਮਰ ਪੈਲਸ ਦੇ ਬਾਹਰ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਜਾਵੇਗੀ। ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਸ਼ਿਰਕਤ ਕਰਨਗੇ।

ਬਰਸੀ ਸਮਾਗਮ ਦੀਆਂ ਤਿਆਰੀਆਂ ਅਤੇ ਰੂਪ-ਰੇਖਾ ਸਬੰਧੀ ਅਕਾਲ ਸੇਵਾ ਫਾਊਂਡੇਸ਼ਨ ਦੇ ਮੈਂਬਰਾਂ ਅਤੇ ਸਮਾਜ ਸੇਵਕ ਸਰਬਜੀਤ ਸਿੰਘ ਸੋਨੂੰ ਜੰਡਿਆਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਮਹਾਰਾਜਾ ਰਣਜੀਤ ਸਿੰਘ ਜੀ ਦੀ ਮਹਾਨ ਵਿਰਾਸਤ ਅਤੇ ਇਤਿਹਾਸ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਸਮਾਗਮ ਨੂੰ ਯਾਦਗਾਰ ਬਣਾਉਣ ‘ਤੇ ਜ਼ੋਰ ਦਿੱਤਾ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਸਰਬਜੀਤ ਸਿੰਘ ਸੋਨੂੰ ਜੰਡਿਆਲਾ ਨੇ ਦੱਸਿਆ ਕਿ ਇਹ ਸਮਾਗਮ ਸ਼ਾਮ 4 ਵਜੇ ਤੋਂ 7 ਵਜੇ ਤੱਕ ਚੱਲੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰੀ ਭਰਨ ਦੀ ਅਪੀਲ ਕਰਦਿਆਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਜੀ ਨੇ ਪੰਜਾਬ ਨੂੰ ਅਜਿਹਾ ਸੁਨਹਿਰਾ ਰਾਜਭਾਗ ਦਿੱਤਾ, ਜਿਸ ਦੀ ਮਿਸਾਲ ਅੱਜ ਵੀ ਦੁਨੀਆ ਭਰ ਵਿੱਚ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਮਹਾਨ ਇਤਿਹਾਸ, ਵਿਰਾਸਤ ਅਤੇ ਰਾਜਸੀ ਸ਼ਾਨ ਨੂੰ ਸੰਭਾਲਦੇ ਹੋਏ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਨਾਲ ਜੋੜਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਸਿਰਫ਼ ਇੱਕ ਯਾਦਗਾਰੀ ਦਿਹਾੜਾ ਨਹੀਂ, ਸਗੋਂ ਆਪਣੀ ਕੌਮੀ ਵਿਰਾਸਤ ਅਤੇ ਇਤਿਹਾਸ ‘ਤੇ ਮਾਣ ਕਰਨ ਦਾ ਮੌਕਾ ਵੀ ਹੈ।

ਇਸ ਮੌਕੇ ਜਤਿੰਦਰ ਸਿੰਘ ਅਕਾਲੀ, ਕਰਨਦੀਪ ਸਿੰਘ, ਜੋਬਨਜੀਤ ਸਿੰਘ, ਕੁਲਦੀਪ ਸਿੰਘ, ਸਕੱਤਰ ਸਿੰਘ, ਨਿਰਮਲ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

Leave a Reply

Your email address will not be published. Required fields are marked *