ਜਰਨੈਲ ਸਿੰਘ ਢੋਟ ਨੂੰ ‘ਆਪ’ ਲੋਕ ਸਭਾ ਅੰਮ੍ਰਿਤਸਰ ਦਾ ਇੰਚਾਰਜ ਬਣਾਉਣ ਨਾਲ ਵਰਕਰਾਂ ਵਿੱਚ ਨਵਾਂ ਜੋਸ਼, 2027 ਦੀ ਜਿੱਤ ਲਈ ਕੀਤਾ ਕਮਰਕੱਸਾ

 

ਅੰਮ੍ਰਿਤਸਰ, 17 ਜੂਨ (ਕੇ. ਐਲ. ਜੀਤ ਵਾਲੀਆ) – ਆਮ ਆਦਮੀ ਪਾਰਟੀ ਵੱਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵਿਧਾਨ ਸਭਾ ਹਲਕਾ ਸੈਂਟਰ ਦੇ ਸੀਨੀਅਰ ਆਗੂ ਅਤੇ ਵਾਰਡ ਨੰਬਰ 58 ਦੇ ਕੌਂਸਲਰ ਜਰਨੈਲ ਸਿੰਘ ਢੋਟ ਨੂੰ ਆਮ ਆਦਮੀ ਪਾਰਟੀ ਲੋਕ ਸਭਾ ਅੰਮ੍ਰਿਤਸਰ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਅਤੇ ਖੁਸ਼ੀ ਦੀ ਲਹਿਰ ਦੌੜ ਗਈ ਹੈ।

ਪਾਰਟੀ ਵਰਕਰਾਂ ਦਾ ਮੰਨਣਾ ਹੈ ਕਿ ਜਰਨੈਲ ਸਿੰਘ ਢੋਟ ਲੰਮੇ ਸਮੇਂ ਤੋਂ ਜ਼ਮੀਨੀ ਪੱਧਰ ‘ਤੇ ਲੋਕਾਂ ਦੇ ਵਿਚਕਾਰ ਰਹਿ ਕੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਨਿਰੰਤਰ ਕੰਮ ਕਰਦੇ ਆ ਰਹੇ ਹਨ। ਉਹ ਆਪਣੀ ਸਾਦਗੀ, ਮਿਹਨਤ, ਮਿਲਣਸਾਰ ਸੁਭਾਅ ਅਤੇ ਸੰਗਠਨਾਤਮਕ ਯੋਗਤਾ ਕਰਕੇ ਵਰਕਰਾਂ ਵਿੱਚ ਵਿਸ਼ੇਸ਼ ਪਛਾਣ ਰੱਖਦੇ ਹਨ। ਪਾਰਟੀ ਦੇ ਹਰ ਛੋਟੇ-ਵੱਡੇ ਪ੍ਰੋਗਰਾਮ ਵਿੱਚ ਉਨ੍ਹਾਂ ਦੀ ਸਰਗਰਮ ਭੂਮਿਕਾ ਰਹੀ ਹੈ ਅਤੇ ਉਹ ਹਮੇਸ਼ਾ ਵਰਕਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹੇ ਹਨ।

ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਜਰਨੈਲ ਸਿੰਘ ਢੋਟ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪਾਰਟੀ ਦੀ ਕੇਂਦਰੀ ਅਤੇ ਪੰਜਾਬ ਲੀਡਰਸ਼ਿਪ ਸਮੇਤ ਜ਼ਿਲ੍ਹਾ ਅੰਮ੍ਰਿਤਸਰ ਦੇ ਸਮੂਹ ਸੀਨੀਅਰ ਆਗੂਆਂ ਅਤੇ ਵਰਕਰਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ‘ਤੇ ਜੋ ਭਰੋਸਾ ਪ੍ਰਗਟਾਇਆ ਹੈ, ਉਹ ਉਸ ‘ਤੇ ਪੂਰੀ ਤਰ੍ਹਾਂ ਖਰਾ ਉਤਰਣ ਦੀ ਹਰ ਸੰਭਵ ਕੋਸ਼ਿਸ਼ ਕਰਨਗੇ।

ਉਨ੍ਹਾਂ ਕਿਹਾ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣਗੇ ਅਤੇ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਇੱਕ ਕਰ ਦੇਣਗੇ। ਉਨ੍ਹਾਂ ਦਾ ਕਹਿਣਾ ਸੀ ਕਿ ਪਾਰਟੀ ਦੀ ਅਸਲ ਤਾਕਤ ਉਸਦੇ ਸਮਰਪਿਤ ਵਰਕਰ ਹਨ ਅਤੇ ਉਹ ਹਰ ਵਰਕਰ ਨੂੰ ਨਾਲ ਲੈ ਕੇ ਚੱਲਣ ਦੀ ਨੀਤੀ ‘ਤੇ ਕੰਮ ਕਰਨਗੇ।

ਜਰਨੈਲ ਸਿੰਘ ਢੋਟ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮੁੜ ਭਾਰੀ ਬਹੁਮਤ ਨਾਲ ਸਰਕਾਰ ਬਣਾਉਣ ਵਿੱਚ ਯੋਗਦਾਨ ਪਾਉਣਾ ਹੈ। ਇਸ ਲਈ ਉਹ ਲੋਕਾਂ ਤੱਕ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਪਹੁੰਚਾਉਣ ਦੇ ਨਾਲ-ਨਾਲ ਸੰਗਠਨ ਨੂੰ ਹੋਰ ਸਰਗਰਮ ਅਤੇ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰਨਗੇ।

ਉਨ੍ਹਾਂ ਦੀ ਨਿਯੁਕਤੀ ‘ਤੇ ਪਾਰਟੀ ਦੇ ਕਈ ਆਗੂਆਂ ਅਤੇ ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਰਨੈਲ ਸਿੰਘ ਢੋਟ ਵਰਗੇ ਮਿਹਨਤੀ, ਇਮਾਨਦਾਰ ਅਤੇ ਤਜਰਬੇਕਾਰ ਆਗੂ ਨੂੰ ਇਹ ਜ਼ਿੰਮੇਵਾਰੀ ਮਿਲਣ ਨਾਲ ਅੰਮ੍ਰਿਤਸਰ ਲੋਕ ਸਭਾ ਹਲਕੇ ਵਿੱਚ ਸੰਗਠਨ ਹੋਰ ਮਜ਼ਬੂਤ ਹੋਵੇਗਾ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਨੂੰ ਇਸ ਦਾ ਭਰਪੂਰ ਲਾਭ ਮਿਲੇਗਾ।

Leave a Reply

Your email address will not be published. Required fields are marked *