ਅੰਮ੍ਰਿਤਸਰ, 21 ਜੂਨ (ਕੇ.ਐਲ. ਜੀਤ ਵਾਲੀਆ) – ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਨਿਤਿਨ ਨਵੀਨ ਅਤੇ ਪਾਰਟੀ ਦੇ ਰਾਸ਼ਟਰੀ ਮਹਾਮੰਤਰੀ ਸ਼੍ਰੀ ਤਰੁਣ ਚੁੱਘ ਦੇ ਗੁਰੂ ਦੀ ਪਵਿੱਤਰ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚਣ ‘ਤੇ ਭਾਜਪਾ ਜ਼ਿਲ੍ਹਾ ਅੰਮ੍ਰਿਤਸਰ ਦੇ ਉਪ ਪ੍ਰਧਾਨ ਸਰਬਜੀਤ ਸਿੰਘ ਸੈਂਟੀ ਵੱਲੋਂ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਸ਼੍ਰੀ ਨਿਤਿਨ ਨਵੀਨ ਦਾ ਇਹ ਪਹਿਲਾ ਪੰਜਾਬ ਦੌਰਾ ਸੀ, ਜਿਸ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਆਗੂਆਂ ਵਿੱਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਅਤੇ ਵਰਕਰ ਵੀ ਮੌਜੂਦ ਰਹੇ, ਜਿਨ੍ਹਾਂ ਨੇ ਆਪਣੇ ਰਾਸ਼ਟਰੀ ਆਗੂਆਂ ਦਾ ਨਿੱਘਾ ਸਵਾਗਤ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਸਰਬਜੀਤ ਸਿੰਘ ਸੈਂਟੀ ਨੇ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਇੱਕ ਨਵੇਂ ਅਤੇ ਮਜ਼ਬੂਤ ਬਦਲਾਅ ਦੀ ਉਮੀਦ ਰੱਖਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਰਵਾਇਤੀ ਸਿਆਸੀ ਪਾਰਟੀਆਂ ਨੂੰ ਅਜ਼ਮਾ ਚੁੱਕੇ ਹਨ ਅਤੇ ਹੁਣ ਉਨ੍ਹਾਂ ਦਾ ਵਿਸ਼ਵਾਸ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਅਤੇ ਲੀਡਰਸ਼ਿਪ ‘ਤੇ ਵਧ ਰਿਹਾ ਹੈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਦੇਸ਼ ਦੇ ਵਿਕਾਸ ਲਈ ਇਤਿਹਾਸਕ ਫ਼ੈਸਲੇ ਕੀਤੇ ਹਨ ਅਤੇ ਇਨ੍ਹਾਂ ਲੋਕ-ਹਿਤੈਸ਼ੀ ਨੀਤੀਆਂ ਦਾ ਪ੍ਰਭਾਵ ਪੰਜਾਬ ਵਿੱਚ ਵੀ ਸਪਸ਼ਟ ਤੌਰ ‘ਤੇ ਨਜ਼ਰ ਆ ਰਿਹਾ ਹੈ। ਸੈਂਟੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਭਾਜਪਾ ਪੰਜਾਬ ਵਿੱਚ ਆਪਣਾ ਸੰਗਠਨ ਹੋਰ ਮਜ਼ਬੂਤ ਕਰਕੇ ਲੋਕਾਂ ਦੇ ਭਰੋਸੇ ‘ਤੇ ਖਰੀ ਉਤਰੇਗੀ ਅਤੇ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਲਈ ਪੂਰੀ ਤਾਕਤ ਨਾਲ ਕੰਮ ਕਰੇਗੀ।
ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦਾ ਇਹ ਦੌਰਾ ਪੰਜਾਬ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ ਅਤੇ ਵਰਕਰਾਂ ਵਿੱਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਕਰੇਗਾ।